ਜ਼ੀਰਕਪੁਰ ‘ਚ 150 ਪਰਿਵਾਰ ਡੇਢ ਮਹੀਨੇ ਤੋਂ ਗੰਦਾ ਪਾਣੀ ਪੀਣ ਲਈ ਮਜਬੂਰ

ਜ਼ੀਰਕਪੁਰ ਦੇ ਢਕੋਲੀ ਵਾਰਡ ਨੰਬਰ 13 ਵਿੱਚ ਗੰਦੇ ਪਾਣੀ ਦੀ ਸਪਲਾਈ ਨੂੰ ਲੈ ਕੇ ਸਥਾਨਕ ਵਸਨੀਕਾਂ ਵਿੱਚ ਰੋਸ।

ਜ਼ੀਰਕਪੁਰ: ਢਕੋਲੀ ਖੇਤਰ ਦੇ ਵਾਰਡ ਨੰਬਰ 13 ਵਿੱਚ ਰੇਲਵੇ ਲਾਈਨ ਦੇ ਨਾਲ ਰਹਿੰਦੇ ਕਰੀਬ 150 ਪਰਿਵਾਰ ਪਿਛਲੇ ਡੇਢ ਮਹੀਨੇ ਤੋਂ ਗੰਦੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸਥਾਨਕ ਵਸਨੀਕਾਂ ਦਾ ਦੋਸ਼ ਹੈ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਉਹ ਲਗਾਤਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਰਹੇ ਹਨ, ਪਰ ਅਜੇ ਤੱਕ ਸਮੱਸਿਆ ਦਾ ਸਥਾਈ ਹੱਲ ਨਹੀਂ ਹੋਇਆ।

ਲੋਕਾਂ ਮੁਤਾਬਕ ਸ਼ਿਕਾਇਤ ਮਿਲਣ ਤੋਂ ਬਾਅਦ ਨਗਰ ਕੌਂਸਲ ਦੇ ਅਧਿਕਾਰੀ ਇੱਕ ਵਾਰ ਮੌਕੇ ’ਤੇ ਪਹੁੰਚੇ ਸਨ ਅਤੇ ਉਨ੍ਹਾਂ ਵੱਲੋਂ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ ਸੀ। ਹਾਲਾਂਕਿ, ਇਸ ਤੋਂ ਬਾਅਦ ਮੁੜ ਇਲਾਕੇ ਦੀ ਸਮੱਸਿਆ ਵੱਲ ਧਿਆਨ ਨਹੀਂ ਦਿੱਤਾ ਗਿਆ।

ਸਥਾਨਕ ਵਸਨੀਕਾਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਦੂਸ਼ਿਤ ਪਾਣੀ ਦੀ ਸਪਲਾਈ ਆਉਣ ਕਾਰਨ ਉਨ੍ਹਾਂ ਨੂੰ ਪੀਣ ਅਤੇ ਘਰੇਲੂ ਵਰਤੋਂ ਲਈ ਬਾਹਰੋਂ ਪਾਣੀ ਖਰੀਦ ਕੇ ਲਿਆਉਣਾ ਪੈ ਰਿਹਾ ਹੈ। ਇਸ ਕਾਰਨ ਪਰਿਵਾਰਾਂ ’ਤੇ ਵਾਧੂ ਖਰਚੇ ਦਾ ਬੋਝ ਵੀ ਪੈ ਰਿਹਾ ਹੈ।

ਲੋਕਾਂ ਅਨੁਸਾਰ ਪਾਣੀ ਦੀ ਸਮੱਸਿਆ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਪੂਰੇ ਪਰਿਵਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਇਲਾਕੇ ਵਿੱਚ ਸਾਫ਼ ਪਾਣੀ ਦੀ ਨਿਯਮਤ ਸਪਲਾਈ ਯਕੀਨੀ ਬਣਾਈ ਜਾਵੇ।

ਇਸ ਮਾਮਲੇ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਨਗਰ ਕੌਂਸਲ ਦੀ ਕਾਰਗੁਜ਼ਾਰੀ ਪ੍ਰਤੀ ਨਾਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਡੇਢ ਮਹੀਨੇ ਤੋਂ ਸਮੱਸਿਆ ਝੱਲਣ ਦੇ ਬਾਵਜੂਦ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦਾ ਜਵਾਬ ਦੇਣਗੇ।

ਵਸਨੀਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।

Related Articles

Leave a Reply

Your email address will not be published. Required fields are marked *

Back to top button