ਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਰੋਸ, ਘਰਿਆਲਾ ਤੇ ਅਮਰਕੋਟ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

# ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਰੋਸ, ਘਰਿਆਲਾ ਤੇ ਅਮਰਕੋਟ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
**ਘਰਿਆਲਾ/ਅਮਰਕੋਟ:** ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨਾਂ ਵਿੱਚ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਇਸੇ ਤਹਿਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਜਥੇਬੰਦੀ ਵੱਲੋਂ ਪਿੰਡ ਘਰਿਆਲਾ ਅਤੇ ਅਮਰਕੋਟ ਚੌਂਕ ਵਿਖੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਨੇ ਕਿਹਾ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਝੋਨੇ ਦੀ ਫਸਲ ਨੂੰ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ।
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਦੀਦਾਰ ਸਿੰਘ ਲਾਖਨਾ, ਸੁੱਚਾ ਸਿੰਘ ਲੱਧੂ, ਕਾਰਜ ਸਿੰਘ ਘਰਿਆਲਾ ਅਤੇ ਹਰਪਾਲ ਸਿੰਘ ਘਰਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਦਾਅਵਾ ਕੀਤਾ ਗਿਆ ਸੀ, ਪਰ ਜ਼ਮੀਨੀ ਪੱਧਰ ’ਤੇ ਕਿਸਾਨਾਂ ਨੂੰ ਲੋੜ ਅਨੁਸਾਰ ਬਿਜਲੀ ਨਹੀਂ ਮਿਲ ਰਹੀ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਆਪਣੀ ਫਸਲ ਨੂੰ ਪੁੱਤਾਂ ਵਾਂਗ ਪਾਲਿਆ ਹੈ ਅਤੇ ਜੇਕਰ ਸਮੇਂ ਸਿਰ ਬਿਜਲੀ ਸਪਲਾਈ ਨਾ ਮਿਲੀ ਤਾਂ ਝੋਨੇ ਦੀ ਫਸਲ ਪ੍ਰਭਾਵਿਤ ਹੋ ਸਕਦੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਘੱਟੋ-ਘੱਟ 6 ਤੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਆਪਣੀ ਫਸਲ ਨੂੰ ਬਚਾ ਸਕਣ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਮਸਲੇ ਵੱਲ ਤੁਰੰਤ ਧਿਆਨ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਨੂੰ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰਨ ਅਤੇ ਪੁਤਲੇ ਫੂਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
### ਬਾਈਟ:
**ਦੀਦਾਰ ਸਿੰਘ ਲਾਖਨਾ, ਸੁੱਚਾ ਸਿੰਘ ਲੱਧੂ, ਕਾਰਜ ਸਿੰਘ ਘਰਿਆਲਾ ਅਤੇ ਹਰਪਾਲ ਸਿੰਘ ਘਰਿਆਲਾ — ਕਿਸਾਨ ਸੰਘਰਸ਼ ਕਮੇਟੀ ਪੰਜਾਬ**


