ਸੰਗਰੂਰ ‘ਚ ਮੋਹਨਜੀਤ ਸ਼ੇਰੋਂ ਦੇ ਹੱਕ ‘ਚ ਧਰਨਾ, ਪ੍ਰਤਾਪ ਬਾਜਵਾ ਨੇ ਕੀਤੀ ਸ਼ਮੂਲੀਅਤ

ਸੰਗਰੂਰ: ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਮੋਹਨਜੀਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਪਹੁੰਚੇ।

ਬਾਜਵਾ ਨੇ ਕਿਹਾ ਕਿ ਉਹ ਮੋਹਨਜੀਤ ਸਿੰਘ ਨੂੰ ਹਸਪਤਾਲ ਵਿੱਚ ਮਿਲਣ ਲਈ ਗਏ ਸਨ। ਉਸ ਸਮੇਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਮੋਹਨਜੀਤ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਉਹ ਖੁਦ ਅਤੇ ਕਾਂਗਰਸ ਪਾਰਟੀ ਸ਼ਮੂਲੀਅਤ ਕਰੇਗੀ। ਇਸੇ ਵਾਅਦੇ ਤਹਿਤ ਉਹ ਪਾਰਟੀ ਆਗੂਆਂ ਨਾਲ ਧਰਨੇ ਵਿੱਚ ਪਹੁੰਚੇ ਹਨ।

ਉਨ੍ਹਾਂ ਕਿਹਾ ਕਿ ਮੋਹਨਜੀਤ ਦੇ ਇਨਸਾਫ਼ ਲਈ ਬਣਾਈ ਗਈ 21 ਮੈਂਬਰੀ ਸੰਘਰਸ਼ ਕਮੇਟੀ ਨਾਲ ਵੀ ਉਨ੍ਹਾਂ ਨੇ ਗੱਲਬਾਤ ਕੀਤੀ ਹੈ। ਬਾਜਵਾ ਨੇ ਕਮੇਟੀ ਨੂੰ ਸਲਾਹ ਦਿੱਤੀ ਕਿ ਅਜਿਹੀਆਂ ਮੰਗਾਂ ਰੱਖੀਆਂ ਜਾਣ ਜਿਨ੍ਹਾਂ ਨੂੰ ਅਮਲੀ ਤੌਰ ’ਤੇ ਪੂਰਾ ਕਰਵਾਇਆ ਜਾ ਸਕੇ।

ਸਿਟਿੰਗ ਜੱਜ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ

ਪ੍ਰਤਾਪ ਬਾਜਵਾ ਨੇ ਸੁਝਾਅ ਦਿੱਤਾ ਕਿ ਕਿਸੇ ਸਿਟਿੰਗ ਜੱਜ ਕੋਲ ਬੇਨਤੀ ਕਰਕੇ ਇੱਕ ਜਾਂਚ ਕਮੇਟੀ ਬਣਵਾਈ ਜਾਵੇ, ਜੋ ਪੂਰੇ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰੇ। ਉਨ੍ਹਾਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਜੇਕਰ ਕੋਈ ਪੁਲਿਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਮੋਹਨਜੀਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।

ਇਹ ਮਾਮਲਾ ਉਸ ਸਮੇਂ ਚਰਚਾ ਵਿੱਚ ਆਇਆ ਜਦੋਂ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸ਼ੇਰੋਂ ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੋਹਨਜੀਤ ਸਿੰਘ ਵੱਲੋਂ ਕਥਿਤ ਤੌਰ ’ਤੇ ਕਾਲੀ ਝੰਡੀ ਦਿਖਾ ਕੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ। ਮੋਹਨਜੀਤ ਵੱਲੋਂ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੁਲਿਸ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ ਉਸ ਦੀ ਹਿਰਾਸਤ ਨੂੰ ਸੁਰੱਖਿਆ ਅਤੇ ਪਹਿਲਾਂ ਦਰਜ ਮਾਮਲਿਆਂ ਨਾਲ ਜੋੜਿਆ ਹੈ। ਮਾਮਲੇ ਦੀ ਜਾਂਚ ਦੇ ਹੁਕਮ ਵੀ ਦਿੱਤੇ ਜਾ ਚੁੱਕੇ ਹਨ।

ਪੁਲਿਸ ਅਧਿਕਾਰੀਆਂ ‘ਤੇ ਵੀ ਹੋਈ ਕਾਰਵਾਈ

ਮਾਮਲੇ ਨੂੰ ਲੈ ਕੇ ਵਧ ਰਹੇ ਵਿਵਾਦ ਦਰਮਿਆਨ ਪੰਜਾਬ ਪੁਲਿਸ ਵੱਲੋਂ DSP ਹਰਵਿੰਦਰ ਸਿੰਘ ਦਾ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੰਸਪੈਕਟਰ ਪ੍ਰਤੀਕ ਜਿੰਦਲ, SI ਬਲਜੀਤ ਸਿੰਘ ਅਤੇ ASI ਹਰਪ੍ਰੀਤ ਸਿੰਘ ਨੂੰ ਵੀ ਪ੍ਰਸ਼ਾਸਕੀ ਆਧਾਰ ’ਤੇ ਸੰਗਰੂਰ ਪੁਲਿਸ ਲਾਈਨ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਪ੍ਰਤਾਪ ਬਾਜਵਾ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਮਲੇ ਦੀ ਸੁਤੰਤਰ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ ਜਾ ਚੁੱਕੀ ਹੈ। ਵਿਰੋਧੀ ਪਾਰਟੀਆਂ ਦੇ ਹੋਰ ਆਗੂ ਵੀ ਮੋਹਨਜੀਤ ਨਾਲ ਹਸਪਤਾਲ ਵਿੱਚ ਮੁਲਾਕਾਤ ਕਰ ਚੁੱਕੇ ਹਨ।

ਉੱਧਰ, 7 ਸਤੰਬਰ ਦੀ ਤਾਜ਼ਾ ਰਿਪੋਰਟ ਮੁਤਾਬਕ ਧਰਨੇ ਦੌਰਾਨ ਮੋਹਨਜੀਤ ਸਿੰਘ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਸੰਗਰੂਰ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ। ਸੰਘਰਸ਼ ਕਮੇਟੀ ਨੇ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ 13 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button